ਸਮਾਜਿਕ ਨਿਆਂ, ਬਰਾਬਰਤਾ ਤੇ ਸਿੱਖਿਆ ਦੇ ਪਸਾਰ ਲਈ ਬਾਬਾ ਸਾਹਿਬ ਦੇ ਦਰਸਾਏ ਰਸਤੇ ‘ਤੇ ਚੱਲਣ ਦਾ ਸੱਦਾ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ਼ਰਧਾ ਸੁਮਨ ਭੇਟ
ਡਿਪਟੀ ਕਮਿਸ਼ਨਰ ਵਲੋਂ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀਆਂ ਭਲਾਈ ਸਕੀਮਾਂ ਬਾਰੇ ਕਿਤਾਬਚਾ ਜਾਰੀ
ਕਪੂਰਥਲਾ, 14 ਅਪ੍ਰੈਲ ( ਅਸ਼ੋਕ ਗੋਗਨਾ ) ਪੰਜਾਬ ਸਰਕਾਰ ਵਲੋਂ ਅੱਜ ਭਾਰਤ ਰਤਨ ਡਾ.ਬੀ.ਆਰ ਅੰਬੇਡਕਰ ਜੀ ਦੇ ਜਨਮ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਬਾ ਸਾਹਿਬ ਦੀ ਸੋਚ ਉੱਪਰ ਪਹਿਰਾ ਦੇਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਦਰਸਾਏ ਮਾਰਗ ‘ਤੇ ਚੱਲ ਕੇ ਹੀ ਸਮਾਜਿਕ ਨਿਆਂ, ਬਰਾਬਰਤਾ ਅਤੇ ਸਿੱਖਿਆ ਦੇ ਪਸਾਰ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਅੱਜ ਸਥਾਨਕ ਡਾ.ਅੰਬੇਡਕਰ ਭਵਨ ਵਿਖੇ ਹੋਏ ਸਮਾਗਮ ਦੌਰਾਨ ਬੋਲਦਿਆਂ ਸ੍ਰੀ ਪੰਚਾਲ ਨੇ ਕਿਹਾ ਕਿ ਬਾਬਾ ਸਾਹਿਬ ਨਾ ਕੇਵਲ ਸੰਵਿਧਾਨ ਨਿਰਮਾਤਾ ਸਨ, ਸਗੋਂ ਉਨ੍ਹਾਂ ਦੀ ਸੋਚ ਪੂਰੀ ਦੁਨੀਆਂ ਲਈ ਚਾਨਣਮੁਨਾਰੇ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਾਬਾ ਸਾਹਿਬ ਦੀ ਸੋਚ ਅਨੁਸਾਰ ਸਮਾਜਿਕ ਨਿਆਂ ਦੀ ਪ੍ਰਾਪਤੀ ਲਈ ਲੋੜਵੰਦਾਂ ਤੇ ਕਮਜ਼ੋਰ ਤਬਕੇ ਦੀ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਕੂਲਾਂ ਅਤੇ ਕਾਲਜਾਂ ਵਿਚ ਪੜ੍ਹ ਰਹੇ 3100 ਵਿਦਿਆਰਥੀਆਂ ਨੂੰ ਫ੍ਰੀਸ਼ਿਪ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨਾਂ ਦੁਆਰਾ ਲੋੜਵੰਦਾਂ ਨੂੰ ਘੱਟ ਵਿਆਜ਼ ਉੱਪਰ ਕਰਜ਼ਾ ਸਕੀਮਾਂ ਤਹਿਤ ਲੋਨ ਦਿੱਤਾ ਜਾ ਰਿਹਾ ਹੈ। ਸ੍ਰੀ ਪੰਚਾਲ ਨੇ ਇਹ ਵੀ ਦੱਸਿਆ ਕਿ ਅੰਤਰ-ਜਾਤੀ ਵਿਆਹ ਸਕੀਮ ਤਹਿਤ ਕਪੂਰਥਲ਼ਾ ਜ਼ਿਲ੍ਹੇ ਵਿਚ 35 ਲਾਭਪਾਤਰੀਆਂ ਨੂੰ 17.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਆਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਕੁੱਲ 906 ਲਾਭਪਾਤਰੀਆਂ ਨੂੰ 4.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ ਨੇ ਬਾਬਾ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਪੜ੍ਹਨ,ਜੁੜਨ ਅਤੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ। ਪੰਜਾਬ ਸਰਕਾਰ ਦੀਆਂ ਲੋਕਭਲਾਈ ਸਕੀਮਾਂ ਰਾਹੀਂ ਆਪਣੀ ਸਿੱਖਿਆ ਪੂਰੀ ਕਰ ਰਹੇ ਵਿਦਿਆਰਥੀਆਂ ਅਮਨਪ੍ਰੀਤ ਕੌਰ,ਮਨਦੀਪ ਕੌਰ, ਅਨਮੋਲ, ਕੁਲਦੀਪ ਸਿੰਘ ਆਦਿ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਤਜ਼ਰਬੇ ਸਾਂਝੇ ਕੀਤੇ। ਸਮਾਗਮ ਦੌਰਾਨ ਪ੍ਰੋ.ਬਲਜੀਤ ਸਿੰਘ ਬੱਲੀ ਸੇਵਾਮੁਕਤ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੇ ਬਾਬਾ ਸਾਹਿਬ ਦੇ ਜੀਵਨ, ਸੰਘਰਸ਼, ਫਲਸਫੇ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਲੋਂ ਬਾਬਾ ਸਾਹਿਬ ਦੇ ਬੁੱਤ ‘ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾ ਸੁਮਨ ਭੇਟ ਕੀਤੇ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਬਾਬਾ ਸਾਹਿਬ ਦੇ ਬੁੱਤ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਮੇਜਰ ਡਾ.ਇਰਵਿਨ ਕੌਰ, ਚੇਅਰਮੈਨ ਮਾਰਕਿਟ ਕਮੇਟੀ ਜਗਜੀਤ ਸਿੰਘ ਬਿੱਟੂ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰਾਜੀਵ ਢਾਂਡਾ ਤੇ ਹੋਰ ਪਤਵੰਤੇ ਹਾਜ਼ਰ ਸਨ।